Home / Punjabi / ਹੋਲਾ-ਮਹੱਲਾ: ਸੰਗਤ ਦੇ ਕਰੋਨਾ ਟੈਸਟ ਸਬੰਧੀ ਸਰਕਾਰ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

ਹੋਲਾ-ਮਹੱਲਾ: ਸੰਗਤ ਦੇ ਕਰੋਨਾ ਟੈਸਟ ਸਬੰਧੀ ਸਰਕਾਰ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਪੁੱਜਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਦੀ ਰਿਪੋਰਟ ਲੈ ਕੇ ਆਉਣ ਦੇ ਕੀਤੇ ਹੁਕਮਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਸੰਗਤ ਨੂੰ ਰੋਕਣਾ ਚਾਹੁੰਦੀ ਹੈ ਤਾਂ ਖ਼ੁਦ ਐਲਾਨ ਕਰੇ, ਪ੍ਰਸ਼ਾਸਨ ਨੂੰ ਮੋਹਰਾ ਬਣਾਉਣਾ ਜਾਇਜ਼ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹੋਲੇ-ਮਹੱਲੇ ਮੌਕੇ ਕਰੋਨਾ ਰਿਪੋਰਟ ਲਿਆਉਣ ਸਬੰਧੀ ਆਦੇਸ਼ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਹਨ। ਉਨ੍ਹਾਂ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਹੋਲ-ਮਹੱਲੇ ਮੌਕੇ ਸਰਕਾਰ ਵੱਲੋਂ ਪਾਏ ਜਾ ਰਹੇ ਭਰਮ ਭੁਲੇਖਿਆਂ ਦਾ ਸਖ਼ਤ ਨੋਟਿਸ ਲਿਆ ਹੈ। ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਪਿਛਲੇ ਸਾਲ ਵੀ ਕਰੋਨਾ ਦੇ ਨਾਂ ’ਤੇ ਹੋਲੇ-ਮਹੱਲੇ ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲੀਆਂ ਗਈਆਂ ਪਰ ਇੱਕ ਵੀ ਮਰੀਜ਼ ਨਹੀਂ ਲੱਭਿਆ। ਇਸ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਕਰੋਨਾ ਟੈਸਟ ਦੀ ਰਿਪੋਰਟ ਲਿਆਉਣ ਦੀ ਸ਼ਰਤ ਤੁਰੰਤ ਹਟਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸਰਕਾਰ ਦੀ ਨਿਖੇਧੀ ਕੀਤੀ।

ਕੌਮਾਂਤਰੀ ਸ਼ਰਧਾਲੂਆਂ ਲਈ ਕਰੋਨਾ ਰਿਪੋਰਟ ਲਿਆਉਣੀ ਲਾਜ਼ਮੀ: ਡੀਸੀ

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਸਪੱਸ਼ਟ ਕੀਤਾ ਕਿ ਕਰੋਨਾ ਟੈਸਟ ਦੀ ਰਿਪੋਰਟ ਸਿਰਫ਼ ਕੌਮਾਂਤਰੀ ਸ਼ਰਧਾਲੂਆਂ ਲਈ ਲਿਆਉਣੀ ਲਾਜ਼ਮੀ ਹੋਵੇਗੀ। ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਸਾਰਿਆਂ ਨੂੰ ਸਾਵਧਾਨੀ ਜ਼ਰੂਰ ਵਰਤਣੀ ਚਾਹੀਦੀ ਹੈ।

%d bloggers like this: