ਕਿਸਾਨਾਂ ਵੱਲੋਂ ਸਿਆਸਤਦਾਨਾਂ ਨੂੰ ਸਬਕ ਸਿਖਾਉਣ ਦਾ ਫ਼ੈਸਲਾ

ਲਾਚੋਵਾਲ ਟੌਲ ਪਲਾਜ਼ਾ ’ਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ ਧਰਨੇ ਦੌਰਾਨ ਬੋਲਦਿਆਂ ਕਿਸਾਨ ਸੰਘਰਸ਼ ਕਮੇਟੀ ਦੋਆਬਾ ਦੇ ਆਗੂ ਗੁਰਦੀਪ ਸਿੰਘ ਖੁਣ-ਖੁਣ, ਰਣਧੀਰ ਸਿੰਘ ਅਸਲਪੁਰ, ਉਂਕਾਰ ਸਿੰਘ ਧਾਮੀ ਅਤੇ ਪਰਮਿੰਦਰ ਸਿੰਘ ਲਾਚੋਵਾਲ ਨੇ ਕਿਹਾ ਕਿ ਸਿਆਸੀ ਨੇਤਾ ਕੇਵਲ ਰੈਲੀਆਂ ਕਰਨ ਤੱਕ ਹੀ ਸੀਮਤ ਹਨ, ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪਣੇ ਹਿੱਤਾਂ ਦੀ ਰਾਖੀ ਖੁਦ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹੁਣ ਸਿਆਸਤਦਾਨਾਂ ਨੂੰ ਸਬਕ ਸਿਖਾਉਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਕਿਸਾਨ ਚੋਣਾਂ ਦੌਰਾਨ ਆਪਣੇ ਹਲਕਿਆਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰਨਗੇ। ਇਸ ਸਬੰਧੀ ਸੰਯੁਕਤ ਮੋਰਚੇ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸਤਦਾਨਾਂ ਨੂੰ ਸਬਕ ਸਿਖਾਉਣ ਲਈ ਲਾਮਬੰਦ ਹੋਣ।

ਬਲਾਚੌਰ ਤਹਿਸੀਲ ਦੇ ਪਿੰਡ ਮਾਜਰਾ ਜੱਟਾਂ ’ਚ ਸਾਬਕਾ ਸਰਪੰਚ ਸਰਦਾਰਾ ਸਿੰਘ ਦੀ ਅਗਵਾਈ ਵਿੱਚ ਮੌਜੂਦਾ ਪੰਚਾਇਤ ਅਤੇ ਮੋਹਤਬਰਾਂ ਦੀ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਇੱਕ ਕਮੇਟੀ ਬਣਾ ਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਲਈ ਬਦਲ-ਬਦਲ ਕੇ ਪਿੰਡ ਵਾਸੀ ਜਾਣਗੇ ਅਤੇ ਇਹ ਸਿਲਸਿਲਾ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ। ਸਰਦਾਰਾ ਸਿੰਘ ਨੇ ਕਿਹਾ ਕਿ ਭਵਿੱਖ ’ਚ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਦਾ ਪਿੰਡ ਮਾਜਰਾ ਜੱਟਾਂ ਵਿੱਚ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੀ ਸਰਪੰਚ ਕਮਲਾ ਦੇਵੀ, ਜਸਪਾਲ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ, ਮੱਖਣ ਸਿੰਘ ਅਤੇ ਸੁਖਦੇਵ ਸਿੰਘ ਆਦਿ ਪਤਵੰਤੇ ਵੀ ਹਾਜ਼ਰ ਸਨ।

%d bloggers like this: